ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਅਮਰੀਕਾ, ਜਰਮਨੀ, ਯੂ.ਕੇ., ਕੈਨੇਡਾ ਤੇ ਪੰਜਾਬ ਦੀਆਂ ਇਕਾਈਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪਾਸੋਂ ਮੰਗ ਕੀਤੀ ਹੈ ਕਿ ਸ਼ਹੀਦ ਭਾਈ ਸੁਖਦੇਵ ਸਿੰਘ ਬੱਬਰ, ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਜਾਏ। ਇਹ ਵੀ ਮੰਗ ਕੀਤੀ ਗਈ ਹੈ ਕਿ ਜੂਨ 1984 ਵਿੱਚ ਭਾਰਤੀ ਫੌਜ ਨਾਲ ਮੁਕਾਬਲਾ ਕਰਦਿਆਂ ਸ਼ਹੀਦ ਹੋਣ ਵਾਲੇ ਭਾਈ ਮਹਿੰਗਾ ਸਿੰਘ ਬੱਬਰ ਦੀ ਦਰਬਾਰ ਸਾਹਿਬ ਕੰਪਲੈਕਸ ਵਿੱਚ ਯੋਗ ਯਾਦਗਾਰ ਸਥਾਪਿਤ ਕੀਤੀ ਜਾਏ।
ਜੂਨ 2015 ਵਿੱਚ ਜੰਮੂ ਵਿਖੇ ਜੂਨ 84 ਦੇ ਘੱਲੂਘਾਰੇ ਨੂੰ ਮਨਾਉਣ ਲਈ ਲਾਏ ਗਏ ਫਲੈਕਾਂ ਨੂੰ ਪਾੜੇ ਜਾਣ ਦਾ ਵਿਰੋਧ ਕਰਦਿਆਂ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਏ ਭਾਈ ਜਸਜੀਤ ਸਿੰਘ ਜੰਮੂ ਦੀ ਤਸਵੀਰ ਅੱਜ ਦਰਬਾਰ ਸਾਹਿਬ ਦੇ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਈ ਗਈ। ਇਸ ਮੌਕੇ ਗਿਆਨੀ ਗੁਰਬਚਨ ਸਿੰਘ, ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਤੇ ਭਾਈ ਰਾਮ ਸਿੰਘ ਅੰਤ੍ਰਿੰਗ ਕਮੇਟੀ ਮੈਂਬਰ ਤੋਂ ਇਲਾਵਾ ਭਾਈ ਜਸਜੀਤ ਸਿੰਘ ਜੰਮੂ ਦੇ ਪਿਤਾ ਸ. ਨਰਵੀਰ ਸਿੰਘ, ਮਾਤਾ ਰਾਜ ਕੌਰ ਤੇ ਸਿੱਖ ਨੌਜਵਾਨ ਸਭਾ ਸਿੰਬਲ ਕੈਂਪ ਜੰਮੂ ਦੇ ਪ੍ਰਧਾਨ ਭਾਈ ਅਜਮੀਤ ਸਿੰਘ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਭਾਈ ਸਿਮਰਨਜੀਤ ਸਿੰਘ ਸਮੇਤ ਜੰਮੂ ਤੋਂ ਫੈਡਰਸ਼ਨ ਵਰਕਰ ਹਾਜ਼ਰ ਸਨ। ਇਸ ਮੌਕੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਬੈਂਕਾ ਦੇ ਜਥੇ ਵੱਲੋਂ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਤੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ।