ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨਜ਼ ਵੱਲੋਂ ਪਿਛਲੇ ਦਿਨੀਂ ਐਲਾਨੇ ਬਰਗਾੜੀ ਅਤੇ ਹੋਰਨਾਂ ਥਾਵਾਂ 'ਤੇ ਹੋਈ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਸਾਕਾ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਸੰਘਰਸ਼ ਦੇ ਪਹਿਲੇ ਪੜਾਅ ਤਹਿਤ ਅੱਜ 51 ਮੈਂਬਰੀ ਜਥੇ ਵੱਲੋਂ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਦੇ ਬਾਹਰ ਧਰਨਾ ਲਾਇਆ ਗਿਆ। ਇਕ ਲਿਖਤੀ ਬਿਆਨ ਰਾਹੀਂ ਅਲਾਇੰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਸ. ਸੁਖਦੇਵ ਸਿੰਘ ਫਗਵਾੜਾ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਧਰਨੇ ਦੌਰਾਨ ਸਭ ਤੋਂ ਪਹਿਲਾਂ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੀ ਮੌਜੂਦਗੀ ਵਿੱਚ ਰਬਾਬੀ ਕੀਰਤਨੀਏ ਸਿੰਘਾਂ ਵੱਲੋਂ "ਰਾਜੇ ਪਾਪ ਕਮਾਵਦੇ ਉਲਟੀ ਵਾੜ ਖੇਤ ਕਉ ਖਾਈ" ਅਤੇ "ਕੁਤਾ ਰਾਜ ਬਹਾਲੀਐ ਫਿਰਿ ਚਕੀ ਚਟੈ" ਸ਼ਬਦਾਂ ਦਾ ਗਾਇਨ ਕੀਤਾ ਗਿਆ।
ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਅਤੇ ਹੋਰਨਾਂ ਸਿੱਖ ਜਥੇਬੰਦੀਆਂ ਦੇ ਆਗੂਆਂ ਵੱਲੋਂ ਸਾਂਝੇ ਰੂਪ ਵਿੱਚ ਬਰਗਾੜੀ ਬੇਅਦਬੀ ਅਤੇ ਬਹਿਬਲ ਕਲਾਂ ਮਾਮਲੇ ਵਿੱਚ ਹੋਈ ਨਾਇਨਸਾਫੀ ਦੇ ਖਿਲਾਫ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ।
ਫਿਲਮ ਮਾਈਕਲ ਮਿਸ਼ਰਾ ਵਿੱਚ ਵਾਲਮੀਕ ਜੀ ਦੀ ਸ਼ਖਸੀਅਤ 'ਤੇ ਕੀਤੀਆਂ ਗਈਆਂ ਅਪਮਾਨਜਨਕ ਟਿੱਪਣੀਆਂ ਦੀ ਜਥੇਬੰਦੀਆਂ ਵਲੋਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਉਨਾਂ ਕਿਹਾ ਕਿ ਇਸ ਫਿਲਮ ਨੇ ਵਾਲਮੀਕ ਸਮਾਜ ਦੇ ਹਿਰਦੇ ਵਲੂੰਧਰ ਦਿੱਤੇ ਹਨ। ਆਗੂਆਂ ਨੇ ਕਿਹਾ ਕਿ ਸੈਂਸਰ ਬੋਰਡ ਨੂੰ ਸੂਝ ਤੋਂ ਕੰਮ ਲੈਂਦਿਆਂ ਫਿਲਮਾਂ ਵਿੱਚੋਂ ਅਜਿਹੇ ਦ੍ਰਿਸ਼ ਪਹਿਲਾਂ ਹੀ ਕੱਟ ਦੇਣੇ ਚਾਹੀਦੇ ਹਨ ਜਿਹੜੇ ਕਿਸੇ ਧਰਮ ਦੀਆਂ ਧਾਰਮਿਕ ਭਾਵਨਾ ਨੂੰ ਸੱਟ ਮਾਰਦੇ ਹੋਣ।
ਹੈਦਰਾਬਾਦ ਕੇਂਦਰੀ ਯੂਨੀਵਰਸਿਟੀ ਦੇ ਦਲਿਤ ਵਿਦਿਆਰਥੀ ਰੋਹਿਤ ਵੇਮੁਲਾ ਦੀ ਖੁਦਕੁਸ਼ੀ ਨੂੰ ਸਰਕਾਰੀ ਤੰਤਰ ਹੱਥੋਂ ਹੋਇਆ ਕਤਲ ਦੱਸਦਿਆਂ ਸਿੱਖ ਯੂਥ ਆਫ ਪੰਜਾਬ ਵੱਲੋਂ ਹੁਸ਼ਿਆਰਪੁਰ ਸਰਕਾਰੀ ਕਾਲੇਜ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ ਗਿਆ। ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਇਸ ਦੀ ਨਿਆਇਕ ਜਾਂਚ ਕਰਕੇ ਦੋਸ਼ੀਆਂ ਨੂੰ ਸਖਤ ਸਜਾ ਮਿਲਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਿੰਦੂਤਵ ਵਿਚਾਰਧਾਰਾ ਵਿਰੁੱਧ ਕੀਤੇ ਜਾ ਰਹੇ ਇਸ ਘੋਲ ਵਿੱਚ ਉਹ ਦਲਿਤ ਵਿਦਿਆਰਥੀ ਸੰਗਠਨਾ ਦੇ ਨਾਲ ਖੜੇ ਹਨ ਤੇ ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਵੱਲੋਂ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੇ ਅਸਤੀਫੇ ਦੀ ਮੰਗ ਅਤੇ ਹੋਰ ਮੰਗਾਂ ਦਾ ਸਮਰਥਨ ਕਰਦੇ ਹਨ।