ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਰਾਜੀਵ-ਲੌਂਗੋਵਾਲ ਸਮਝੌਤੇ ਨੂੰ ਗੈਰਸੰਵਿਧਾਨਕ ਕਰਾਰ ਦਿੰਦਿਆਂ ਉਸ ਸਮਝੌਤੇ ਦੀਆਂ ਸਾਰੀਆਂ ਮੱਦਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਣ ਦੀ ਗੱਲ ਕਹੀ ਹੈ। ਡਾ. ਗਾਂਧੀ ਨੇ ਕਿਹਾ ਕਿ ਸੰਤ ਹਰਚੰਦ ਸਿੰਘ ਲੌਂਗੋਵਾਲ ਸਿਰਫ ਇੱਕ ਰਾਜਨੀਤਕ ਪਾਰਟੀ ਦੇ ਆਗੂ ਸਨ, ਜਿਨ੍ਹਾਂ ਨੂੰ ਨਾ ਤਾਂ ਸਮਝੌਤਾ ਕਰਨ ਦਾ ਕੋਈ ਸੰਵਿਧਾਨਕ ਅਧਿਕਾਰ ਪ੍ਰਾਪਤ ਸੀ ਅਤੇ ਨਾ ਹੀ ਉਨ੍ਹਾਂ ਕੋਲ ਕੋਈ ਸਰਕਾਰੀ ਅਹੁਦਾ ਸੀ। ਇਸ ਲਈ ਇਸ ਸਮਝੌਤੇ ਉੱਪਰ ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਦਸਤਖਤਾਂ ਦਾ ਕੋਈ ਅਰਥ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਮਾਹਿਰ ਵਕੀਲਾਂ ਰਾਹੀਂ ਇਸ ਸਮਝੌਤੇ ਖਿਲਾਫ ਸੁਪਰੀਮ ਕੋਰਟ ਵਿੱਚ ਕਾਨੂੰਨੀ ਲੜਾਈ ਲੜਨਗੇ।