ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਨੇ ਸ਼ੁੱਕਰਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨਾਲ ਮੁਲਾਕਾਤ ਕਰਕੇ ਮੰਗ ਕੀਤੀ ਹੈ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਜੂਨ 1984 ਨਾਲ ਸਬੰਧਤ ਸ਼ਹੀਦਾਂ ਦੀਆਂ ਤਸਵੀਰਾਂ ਤੇ ਯਾਦਗਾਰੀ ਸਮੱਗਰੀ ਪ੍ਰਦਰਸ਼ਿਤ ਕੀਤੀ ਜਾਵੇ।
ਅਵਤਾਰ ਸਿੰਘ ਮੱਕੜ ਦੀ ਲੁਧਿਆਣਾ ਸਥਿਤ ਰਿਹਾਇਸ਼ ’ਤੇ ਮੁਲਾਕਾਤ ਮਗਰੋਂ ਇਸ ਸਬੰਧੀ ਵੇਰਵੇ ਦਿੰਦਿਆਂ ਦਮਦਮੀ ਟਕਸਾਲ ਦੇ ਮੁਖੀ ਨੇ ਦੱਸਿਆ ਕਿ ਇਸ ਮੰਗ ਦੇ ਸਬੰਧ ਵਿੱਚ ਇੱਕ ਮੰਗ ਪੱਤਰ ਵੀ ਸੌਂਪਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਫੌਜੀ ਹਮਲੇ ਸਮੇਂ ਦਰਬਾਰ ਸਾਹਿਬ ਤੇ ਅਕਾਲ ਤਖ਼ਤ ਨੂੰ ਨਿਸ਼ਾਨਾ ਬਣਾ ਕੇ ਢਹਿ ਢੇਰੀ ਕੀਤਾ ਗਿਆ ਸੀ। ਇਸ ਕਾਰਵਾਈ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂ ਵੀ ਮਾਰੇ ਗਏ ਸਨ। ਉਨ੍ਹਾਂ ਅਪੀਲ ਕੀਤੀ ਕਿ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਸ਼ਹੀਦਾਂ ਸਬੰਧੀ ਪ੍ਰਦਰਸ਼ਨੀ ਲਈ ਵੱਖਰੇ ਤੇ ਢੁਕਵੇਂ ਪ੍ਰਬੰਧ ਕੀਤੇ ਜਾਣ, ਜਿਸ ਵਿਚ ਸ਼ਹੀਦਾਂ ਦੀਆਂ ਤਸਵੀਰਾਂ ਤੇ ਹੋਰ ਸਮੱਗਰੀ ਦਾ ਪ੍ਰਦਰਸ਼ਨ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਇਸ ਸਬੰਧੀ ਹਾਂ-ਪੱਖੀ ਹੁੰਗਾਰਾ ਦਿੱਤਾ ਹੈ।
ਦਮਦਮੀ ਟਕਸਾਲ ਦੇ ਮੁਖੀ ਨੇ ਇਸ ਮੌਕੇ ਅਵਤਾਰ ਸਿੰਘ ਮੱਕੜ ਦੀ ਸਿਹਤ ਦਾ ਹਾਲ-ਚਾਲ ਵੀ ਪੁੱਛਿਆ ਅਤੇ ਉਨ੍ਹਾਂ ਦੀ ਤੰਦਰੁਸਤੀ ਲਈ ਅਰਦਾਸ ਕੀਤੀ।
ਇਸ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਪੁੱਤਰ ਭਾਈ ਈਸ਼ਰ ਸਿੰਘ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ਅਜੈਬ ਸਿੰਘ ਅਭਿਆਸੀ, ਸਰਚਾਂਦ ਸਿੰਘ, ਜਤਿੰਦਰ ਸਿੰਘ, ਸਿੱਖ ਕੌਂਸਲ ਦੇ ਆਗੂ ਜਸਪਾਲ ਸਿੰਘ, ਗੁਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਹੋਰ ਸ਼ਾਮਲ ਸਨ।