ਚੇਨਈ (2 ਮਾਰਚ, 2016): ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕਾਂਡ ਦੇ ਸੱਤ ਦੋਸ਼ੀਆਂ ਦੀ ਪੱਕੀ ਰਿਹਾਈ ਬਾਰੇ ਤਾਮਿਲਨਾਡੂ ਦੀ ਮੁੱਖ ਮੰਤਰੀ ਜੈਲਲਿਤਾ ਨੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ । ਪੱਤਰ ਵਿਚ ਲਿਖਿਆ ਗਿਆ ਹੈ ਕਿ ਇਨ੍ਹਾਂ ਹੱਤਿਆਰਿਆਂ ਨੇ 24 ਸਾਲ ਤੋਂ ਜ਼ਿਆਦਾ ਸਮਾਂ ਸਜ਼ਾ ਕੱਟ ਲਈ ਹੈ ਅਤੇ ਮਾਨਵੀ ਆਧਾਰ ‘ਤੇ ਇਨ੍ਹਾਂ ਤੱਥਾਂ ਨੂੰ ਵੇਖਦੇ ਹੋਏ ਇਨ੍ਹਾਂ ਸਾਰਿਆਂ ਨੂੰ ਰਿਹਾਅ ਕਰ ਦੇਣਾ ਚਾਹੀਦਾ ਹੈ ।
ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਰਾਜੀਵ ਗਾਂਧੀ ਹੱਤਿਆਕਾਂਡ ‘ਚ ਮੌਤ ਦੀ ਸਜ਼ਾ ਤੋਂ ਰਾਹਤ ਪਾਉਣ ਵਾਲੇ ਸਾਰੇ ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ ਪਰ ਇਸ ਦੇ ਖਿਲਾਫ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਖਲ ਕਰ ਕੇ ਕਿਹਾ ਸੀ ਕਿ ਮਾਮਲੇ ਦੀ ਜਾਂਚ ਸੀ.ਬੀ.ਆਈ. ਨੇ ਕੀਤੀ ਸੀ ਤੇ ਇਸ ਮਾਮਲੇ ‘ਚ ਕੇਂਦਰੀ ਕਾਨੂੰਨ ਤਹਿਤ ਸਜ਼ਾ ਸੁਣਾਈ ਗਈ। ਅਜਿਹੇ ‘ਚ ਰਿਹਾਅ ਕਰਨ ਦਾ ਅਧਿਕਾਰ ਕੇਂਦਰ ਦਾ ਹੈ।
ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਵੱਲੋਂ ਇਸ ਕੇਸ ਵਿਚ ਦਾਇਰ ਕੀਤੀ ਗਈ ‘ਕਿਊਰੇਟਿਵ’ ਅਪੀਲ ਨੂੰ ਅੱਜ ਖਾਰਜ ਕਰਦਿਆਂ ਆਪਣੇ 18 ਫਰਵਰੀ 2014 ਦੇ ਉਸ ਫ਼ੈਸਲੇ ਦੀ ਪੁਸ਼ਟੀ ਕੀਤੀ ਜਿਸ ਵਿਚ ਰਾਜੀਵ ਗਾਂਧੀ ਹੱਤਿਆ ਕੇਸ ਦੇ ਦੋਸ਼ੀਆਂ ਸੰਥਨ, ਮੁਰੂਗਨ ਅਤੇ ਪੇਰਾਰਿਵਲਨ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਬਦਲ ਦਿੱਤਾ ਗਿਆ ਸੀ।