October 18, 2017 | By ਸਿੱਖ ਸਿਆਸਤ ਬਿਊਰੋ
ਅੰਮ੍ਰਿਤਸਰ: ਬੰਦੀ ਛੋੜ ਦਿਹਾੜੇ (ਦੀਵਾਲੀ) ਦੀ ਸ਼ਾਮ ਨੂੰ ਦਰਬਾਰ ਸਾਹਿਬ ਵਿਖੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਸੰਭਾਵਤ ਤੌਰ ‘ਤੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕਰਨ ਕਾਰਨ ਹਾਲਾਤ ਤਣਾਅ ਵਾਲੇ ਬਣਦੇ ਜਾ ਰਹੇ ਹਨ।
ਬੰਦੀ ਛੋੜ ਦਿਹਾੜੇ ਮੌਕੇ ਸ਼ਾਮ ਨੂੰ ਦਰਸ਼ਨੀ ਡਿਓਢੀ ਤੋਂ ਹਰ ਵਰ੍ਹੇ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਂਦਾ ਹੈ। ਇਹ ਰਵਾਇਤ ਪਿਛਲੇ ਲੰਮੇ ਸਮੇਂ ਤੋਂ ਚੱਲਦੀ ਆ ਰਹੀ ਹੈ, ਪਰ 2015 ਵਿੱਚ ਹੋਏ ਪਿੰਡ ਚੱਬਾ ਵਿਖੇ ਹੋਏ ਇਕੱਠ ਦੇ ਪ੍ਰਬੰਧਕਾਂ ਵਲੋਂ ਥਾਪੇ ਗਏ ਮੁਤਵਾਜ਼ੀ ਜਥੇਦਾਰਾਂ ਵੱਲੋਂ ਵੀ ਅਕਾਲ ਤਖ਼ਤ ਸਾਹਿਬ ਤੋਂ ਸੰਦੇਸ਼ ਜਾਰੀ ਕਰਨ ਲਈ ਯਤਨ ਕੀਤੇ ਜਾਂਦੇ ਹਨ। ਕੱਲ੍ਹ (17 ਅਕਤੂਬਰ, 2017) ਮੁਤਵਾਜ਼ੀ ਜਥੇਦਾਰਾਂ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਜੇਕਰ ਬੰਦੀ ਛੋੜ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਬੇਲੋੜੀ ਦਖ਼ਲਅੰਦਾਜ਼ੀ ਨਾਲ ਕੋਈ ਹਾਲਾਤ ਖ਼ਰਾਬ ਕਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਵਲੋਂ ਥਾਪੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਹੋਵੇਗੀ। ਮੀਡੀਆ ਦੀਆਂ ਖ਼ਬਰਾਂ ਮੁਤਾਬਕ ਇਸ ਸਬੰਧੀ ਭਾਈ ਬਲਜੀਤ ਸਿੰਘ ਦਾਦੂਵਾਲ ਦੇ ਇਕ ਸਹਾਇਕ ਜਗਮੀਤ ਸਿੰਘ ਵੱਲੋਂ ਮੁਤਵਾਜ਼ੀ ਜਥੇਦਾਰਾਂ ਦੇ ਹਵਾਲੇ ਨਾਲ ਜਾਰੀ ਸਾਂਝੇ ਬਿਆਨ ਵਿੱਚ ਦੱਸਿਆ ਗਿਆ ਹੈ ਕਿ ਬੰਦੀ ਛੋੜ ਦਿਹਾੜੇ ਮੌਕੇ ਭਾਈ ਧਿਆਨ ਸਿੰਘ ਮੰਡ ਵੱਲੋਂ ਦਰਬਾਰ ਸਾਹਿਬ ਵਿਖੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਰੂਪ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਲੋੜੀਂਦੇ ਪ੍ਰਬੰਧਾਂ ਲਈ ਭਲਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਡਿਊਟੀਆਂ ਲਾਈਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਣ ਵਾਲੇ ਕਿਸੇ ਵੀ ਸ਼ਖਸ ਨੂੰ ਰੋਕਿਆ ਨਹੀਂ ਜਾਵੇਗਾ, ਪਰ ਕਿਸੇ ਨੂੰ ਖਲਲ ਪਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਡਾ. ਰੂਪ ਸਿੰਘ ਨੇ ਇਹ ਵੀ ਕਿਹਾ ਕਿ ਜੇਕਰ ਕਿਸੇ ਨੂੰ ਇਤਰਾਜ਼ ਹੈ ਤਾਂ ਉਹ ਮਿਲ-ਬੈਠ ਕੇ ਮਾਮਲਾ ਹੱਲ ਕਰਨ ਲਈ ਵਿਚਾਰ ਕਰ ਸਕਦੇ ਹਨ। ਜਦਕਿ ਪੁਲਿਸ ਦੇ ਡਿਪਟੀ ਕਮਿਸ਼ਨਰ ਅਮਰੀਕ ਸਿੰਘ ਪਵਾਰ ਨੇ ਆਖਿਆ ਕਿ ਬੰਦੀ ਛੋੜ ਦਿਹਾੜੇ ਮੌਕੇ ਟਕਰਾਅ ਤੋਂ ਬਚਣ ਲਈ ਦੋਵਾਂ ਧਿਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।
ਸਬੰਧਤ ਖ਼ਬਰ:
ਬੰਦੀ ਛੋੜ ਦਿਹਾੜੇ ਲਈ ਸ਼੍ਰੋਮਣੀ ਕਮੇਟੀ ਦੇ ਇਸ਼ਤਿਹਾਰ ‘ਚੋਂ ਗਿਆਨੀ ਗੁਰਬਚਨ ਸਿੰਘ ਦਾ ਨਾਮ ਮਨਫੀ …
Related Topics: Acting Jathedars, Bandi Chhor Dihara, Bhai Dhian Singh Mand, Giani Gurbachan Singh, Shiromani Gurdwara Parbandhak Committee (SGPC)