Site icon Sikh Siyasat News

ਸਾਕਾ ਨਕੋਦਰ ਦੇ ਸ਼ਹੀਦਾਂ ਦਾ 34ਵਾਂ ਸ਼ਹੀਦੀ ਸਮਾਗਮ ਪਿੰਡ ਲਿੱਤਰਾਂ ਵਿਖੇ 9 ਫਰਵਰੀ ਨੂੰ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 34ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਬੋਹੜਾਂ ਵਾਲਾ ਲਿੱਤਰਾਂ ਵਿਖੇ 9 ਫਰਵਰੀ ਨੂੰ ਸ਼ਹੀਦੀ ਸਮਾਗਮ ਕੀਤੇ ਜਾਣਗੇ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿਤਾ ਸਿਰਦਾਰ ਬਲਦੇਵ ਸਿੰਘ ਜੀ ਨੇ ਦੱਸਿਆ ਕਿ ਪਰਿਵਾਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਕਾ ਨਕੋਦਰ ਦੇ ਚਾਰਾਂ ਸ਼ਹੀਦਾਂ ਦੀ ਪਾਵਨ ਯਾਦ ਵਿੱਚ 9 ਫਰਵਰੀ 2020 ਐਤਵਾਰ ਨੂੰ ਸਵੇਰੇ 10:00 ਵਜੇ ਸ਼ਹੀਦੀ ਕਾਨਫਰੰਸ ਕੀਤੀ ਜਾ ਰਹੀ ਹੈ। ਪਰਿਵਾਰ ਅਤੇ ਗੁਰਦਵਾਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਸਮੂਹ ਸਾਧ ਸੰਗਤ ਨੂੰ ਬੇਨਤੀ ਹੈ ਕਿ ਇਸ ਸ਼ਹੀਦੀ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਇਨ੍ਹਾਂ ਸੂਰਬੀਰ ਯੋਧਿਆਂ ਨੂੰ ਜਿਨ੍ਹਾਂ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਲਈ ਆਪਾ ਵਾਰਿਆ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੀਏ।

ਵਰਨਣਯੋਗ ਹੈ ਕਿ ਪੰਜਾਬ ਸਰਕਾਰ ਨੇ 5 ਫਰਵਰੀ 1986 ਨੂੰ ਹਾਈਕੋਰਟ ਦੇ ਸੇਵਾਮੁਕਤ ਜੱਜ ਗੁਰਨਾਮ ਸਿੰਘ ਨੂੰ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਗਨ ਭੇਂਟ ਸਰੂਪਾਂ ਸਬੰਧੀ , 4ਸਿੱਖ ਨੌਜਵਾਨਾਂ ਦੇ ਪੁਲਿਸ ਦੀ ਗੋਲੀ ਨਾਲ ਕੀਤੇ ਕਤਲਾਂ ਅਤੇ ਇਨ੍ਹਾਂ ਚਾਰੇ ਸਿੱਖ ਨੌਜਵਾਨਾਂ ਦਾ ਸਰਕਾਰੀ ਹੁਕਮਾਂ ਦੇ ਵਿਰੁੱਧ ਜਾ ਕੇ ਆਪ ਅੰਤਿਮ ਸੰਸਕਾਰ ਕਰਨ ਸੰਬੰਧੀ ਅਦਾਲਤੀ ਜਾਂਚ ਕਰਨ ਲਈ ਕਿਹਾ ਸੀ। ਰਿਟਾਇਰਡ ਜੱਜ ਗੁਰਨਾਮ ਸਿੰਘ ਨੇ ਆਪਣੀ ਰਿਪੋਰਟ ਪੰਜਾਬ ਸਰਕਾਰ ਨੂੰ 31 ਅਕਤੂਬਰ 1986 ਨੂੰ ਸੌਂਪ ਦਿੱਤੀ ਸੀ ਅਤੇ ਪੂਰੀ ਰਿਪੋਰਟ ਅੱਜ ਤੱਕ ਕਦੇ ਵੀ ਜਨਤਿਕ ਨਹੀਂ ਕੀਤੀ ਗਈ। ਜਸਟਿਸ ਗੁਰਨਾਮ ਸਿੰਘ ਜਾਂਚ ਕਮਿਸ਼ਨ ਦੀ ਰਿਪੋਰਟ 5 ਮਾਰਚ 2001 ਵਿਚ 15 ਸਾਲਾਂ ਬਾਅਦ ਪੰਜਾਬ ਵਿਧਾਨ ਸਭਾ ਵਿਚ ਬੜੇ ਹੀ ਡਰਾਮਈ ਢੰਗ ਨਾਲ ਪੇਸ਼ ਕੀਤੀ ਗਈ ਤੇ ਇਨਾਂ ‘ਤੇਐਕਸ਼ਨ ਰਿਪੋਰਟ ਪੇਸ਼ ਕਰਨ ਦੀ ਜ਼ਰੂਰਤ ਵੀ ਨਾ ਸਮਝੀ ਗਈ। ਇਹ ਰਿਪੋਰਟ ਜੋ ਦੋ ਭਾਗਾਂ ਵਿਚ ਸੀ ਇਸਦਾ ਇੱਕ ਹੀ ਭਾਗ ਮਿਲ ਸਕਿਆ ਹੈ ਜਦੋਂ ਕਿ ਦੂਜਾ ਭਾਗ ਕਿਤੋਂ ਵੀ ਨਹੀਂ ਮਿਲ ਰਿਹਾ।

ਇਸ ਸਾਕੇ ਨੂੰ ਪਿਛਲੀਆਂ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਇਕ ਵੱਡੇ ਮੁੱਦੇ ਵਜੋਂ ਉਭਾਰਿਆ ਸੀ। ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੌਧਰੀ ਸੰਤੋਖ ਸਿੰਘ ਨੇ ਇਹ ਭਰੋਸਾ ਦਿੱਤਾ ਸੀ ਕਿ ਚੋਣ ਜ਼ਬਤਾ ਸਮਾਪਤ ਹੁੰਦਿਆ ਹੀ ਇਸ ਮਾਮਲੇ ਤੇ ਕਾਰਵਾਈ ਕੀਤੀ ਜਾਵੇਗੀ, ਪਰ ਕੋਈ ਕਾਰਵਾਈ ਹੋਈ ਨਹੀਂ।

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

Exit mobile version