ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ਦੇ ਮੁੱਖ ਮੰਤਰੀ ਸ੍ਰੀ ਅਸ਼ੋਕ ਗਹਿਲੋਤ ਨੂੰ ਪੱਤਰ ਲਿਖ ਕੇ ਸਿੱਖ ਮਸਲਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੇ ਆਦੇਸ਼ਾਂ ’ਤੇ ਰਾਜਸਥਾਨ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਫ਼ਦ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦਾ ਇਹ ਵਫ਼ਦ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਜਾਵੇਗਾ। ਇਸ ਤੋਂ ਇਲਾਵਾ ਖ਼ਾਸਕਰ ਗੰਗਾਨਗਰ ਖੇਤਰ ਦੇ ਸਿੱਖ ਮਸਲਿਆਂ ਨੂੰ ਤੁਰੰਤ ਧਿਆਨ ਵਿਚ ਲਿਆਉਣ ਲਈ ਵਿਚਾਰ ਚਰਚਾ ਕੀਤੀ ਜਾਵੇਗੀ। ਉਨ੍ਹਾਂ ਰਾਜਿਸਥਾਨ ਸਰਕਾਰ ਪਾਸੋਂ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਲਈ ਜਲਦੀ ਸਮਾਂ ਦੇਣ ਦੀ ਅਪੀਲ ਕੀਤੀ।