February 8, 2017 | By ਹਮੀਰ ਸਿੰਘ
ਚੰਡੀਗੜ੍ਹ (ਹਮੀਰ ਸਿੰਘ): ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਬਣੇ ਮਾਹੌਲ ਦਾ ਅਸਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੀਆਂ 26 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਉੱਤੇ ਵੀ ਦਿਖਾਈ ਦੇਵੇਗਾ। ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਤੋਂ ਪੰਜਾਬ ਵਿੱਚ ਲਿਆ ਸਮਰਥਨ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਵੱਡਾ ਮੁੱਦਾ ਬਣਨ ਜਾ ਰਿਹਾ ਹੈ। ਇਨ੍ਹਾਂ ਚੋਣਾਂ ਵਿੱਚ ਵੀ ਪੰਜਾਬ ਵਿਧਾਨ ਸਭਾ ਚੋਣਾਂ ਵਾਂਗ ਤਿਕੋਣੀ ਟੱਕਰ ਦੇ ਆਸਾਰ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 8 ਫਰਵਰੀ ਤੱਕ ਨਾਮਜ਼ਦਗੀਆਂ ਭਰੀਆਂ ਜਾਣੀਆਂ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੀ ਪ੍ਰਧਾਨ ਹਨ। ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਓਐਸਡੀ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਜਨਰਲ ਸਕੱਤਰ ਹਨ। ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਮੁਕਾਬਲਾ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਦਿੱਲੀ) ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਵਤਾਰ ਸਿੰਘ ਵੱਲੋਂ ਬਣਾਏ ਪੰਥਕ ਸੇਵਾ ਦਲ, ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਗਰੁੱਪ ਅਤੇ ਅਕਾਲੀ ਦਲ ਤੋਂ ਵੱਖ ਹੋਏ ਆਮ ਅਕਾਲੀ ਦਲ ਨਾਲ ਹੋਣ ਦੇ ਆਸਾਰ ਹਨ। ਆਮ ਆਦਮੀ ਪਾਰਟੀ ਦੇ ਇਕ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਦਿੱਲੀ ਗੁਰਦੁਆਰਾ ਚੋਣਾਂ ਵਿੱਚ ਸਿੱਧੇ ਤੌਰ ਉੱਤੇ ਹਿੱਸਾ ਨਹੀਂ ਲਵੇਗੀ ਪਰ ਨਾਲ ਜੁੜੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੋਈ ਰਾਹ ਲੱਭਿਆ ਜਾ ਰਿਹਾ ਹੈ।
ਜੀ.ਕੇ. ਦੇ ਵਿਰੋਧੀ ਪੰਜਾਬ ਦੇ ਮਾਹੌਲ ਦਾ ਦਿੱਲੀ ’ਚ ਲਾਭ ਲੈਣ ਲਈ ਸਰਗਰਮ; ਤਿਕੋਣੀ ਟੱਕਰ ਦੇ ਆਸਾਰ
ਅਕਾਲੀ ਦਲ ਬਾਦਲ ਵੱਲੋਂ ਡੇਰਾ ਸਿਰਸਾ ਦੀ ਹਮਾਇਤ ਲੈਣ ਵਾਲੇ ਦਿਨ ਹੀ ਪਰਮਜੀਤ ਸਿੰਘ ਸਰਨਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਲਿਖ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦਾ ਉਲੰਘਣ ਕਰਨ ਦੇ ਦੋਸ਼ ਵਿੱਚ ਸਜ਼ਾ ਲਾਉਣ ਦੀ ਮੰਗ ਕੀਤੀ ਸੀ। ਸਰਨਾ ਨੇ ਕਿਹਾ ਕਿ ਡੇਰਾ ਇਨ੍ਹਾਂ ਚੋਣਾਂ ਵਿੱਚ ਵੱਡਾ ਮੁੱਦਾ ਹੋਵੇਗਾ। ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਚਾਰ ਸਾਲ ਪਹਿਲਾਂ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਲਾਏ ਝੂਠੇ ਦੋਸ਼ ਵੀ ਮੁੱਦੇ ਬਣਨਗੇ। ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਕਿਹਾ ਕਿ ਬਾਦਲਾਂ ਨੇ ਅਕਾਲ ਤਖ਼ਤ ਉੱਤੇ ਕਬਜ਼ਾ ਕਰ ਰੱਖਿਆ ਹੈ, ਜਿਸ ਕਰ ਕੇ ਜਥੇਦਾਰਾਂ ਵਿੱਚ ਬੋਲਣ ਦੀ ਹਿੰਮਤ ਨਹੀਂ ਹੈ। ਜਦੋਂ ਵੀ ਮੌਕਾ ਆਇਆ ਅਤੇ ਸੰਗਤ ਨੇ ਸਿੱਖ ਸਿਧਾਂਤ ਮੁਤਾਬਕ ਤਾਕਤ ਦਿੱਤੀ ਤਾਂ ਬਾਦਲਾਂ ਨੂੰ ਸੱਦ ਕੇ ਸਿੱਖ ਮਰਿਆਦਾ ਮੁਤਾਬਕ ਸਜ਼ਾ ਦਿੱਤੀ ਜਾਵੇਗੀ। ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਆਪਣੇ ਕੁੱਝ ਉਮੀਦਵਾਰ ਖੜ੍ਹੇ ਕਰਨ ਤੋਂ ਬਾਅਦ ਬਾਕੀ ਥਾਵਾਂ ਉੱਤੇ ਪੰਥਕ ਸੇਵਾ ਦਲ, ਧਰਮ ਪ੍ਰਚਾਰਕ ਭਾਈ ਬਲਦੇਵ ਸਿੰਘ ਵਡਾਲਾ ਦੇ ਉਮੀਦਵਾਰਾਂ ਜਾਂ ਆਮ ਅਕਾਲੀ ਦਲ ਦੇ ਉਮੀਦਵਾਰਾਂ ਵਿੱਚੋਂ ਜੋ ਵੀ ਸਹੀ ਹੋਣਗੇ, ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇਗੀ।
ਇਕ ਸੀਨੀਅਰ ਆਗੂ ਨੇ ਕਿਹਾ ਕਿ ਪਾਰਟੀ ਇਸ ਵਾਰ ਬਾਦਲਾਂ ਅਤੇ ਪੰਜਾਬ ਦੇ ਹੋਰ ਆਗੂਆਂ ਵੱਲੋਂ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਪ੍ਰਚਾਰ ਦੇ ਅਸਰ ਬਾਰੇ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ।
ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਹੇ ਸੁਖਦੇਵ ਸਿੰਘ ਭੌਰ ਆਮ ਆਦਮੀ ਪਾਰਟੀ ਵਿੱਚ ਚਲੇ ਗਏ ਹਨ, ਉਹ ਵੀ ਸਰਨਿਆਂ ਦੀ ਤਰ੍ਹਾਂ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਨਜ਼ਦੀਕੀ ਰਹੇ ਹਨ। ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਭੂਮਿਕਾ ਨਿਭਾਉਣ ਲਈ ਉਹ ਵੀ ਦਿੱਲੀ ਜਾ ਰਹੇ ਹਨ। ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਅਤੇ ਪੰਥਕ ਤਾਲਮੇਲ ਸੰਗਠਨ ਦੇ ਆਗੂ ਗਿਆਨੀ ਕੇਵਲ ਸਿੰਘ ਵੀ ਦਿੱਲੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਸਾਰੀਆਂ ਧਿਰਾਂ ਨਾਲ ਗੱਲਬਾਤ ਕਰ ਕੇ ਡੇਰੇਦਾਰਾਂ ਨਾਲ ਸਾਂਝ ਰੱਖਣ ਵਾਲਿਆਂ, ਗੁਰੂ ਦੀ ਬੇਅਦਬੀ ਕਰਵਾਉਣ ਵਾਲਿਆਂ ਅਤੇ ਸਿੱਖ ਰਹਿਤ ਮਰਿਯਾਦਾ ਨੂੰ ਢਾਹ ਲਾਉਣ ਵਾਲਿਆਂ ਖ਼ਿਲਾਫ਼ ਸਾਂਝਾ ਮੋਰਚਾ ਬਣਾਉਣ ਦੀ ਕੋਸ਼ਿਸ਼ ਕਰਨਗੇ।
(ਧੰਨਵਾਦ: ਪੰਜਾਬੀ ਟ੍ਰਿਬਿਊਨ)
Related Topics: Bhai Ranjit Singh, DSGMC, DSGMC elections 2017, Hamir Singh, Manjit Singh GK, paramjit singh sarna, ਦਿੱਲੀ ਕਮੇਟੀ ਚੋਣਾਂ 2017