August 10, 2014 | By ਸਿੱਖ ਸਿਆਸਤ ਬਿਊਰੋ
ਅਮ੍ਰਿਤਸਰ (9 ਅਗਸਤ 2014): ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੁੱਦੇ ‘ਤੇ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਅਕਾਲ ਤਖ਼ਤ ਵੱਲੋਂ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਕੀਤੇ ਜਾਣ ਦੀ ਸੰਭਾਵਨਾ ਹੈ। ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਵਿੰਦਰ ਸਿੰਘ ਨੇ ਦੱਸਿਆ ਕਿ ਤਾਲਮੇਲ ਕਮੇਟੀ ਦਾ ਗਠਨ ਅਗਲੇ ਹਫ਼ਤੇ ਵਿੱਚ ਕਰ ਦਿੱਤਾ ਜਾਵੇਗਾ।
ਇਸ ਕਮੇਟੀ ਵਿੱਚ ਅਜਿਹੇ ਵਿਦਵਾਨ ਅਤੇ ਮੈਂਬਰ ਸ਼ਾਮਲ ਕੀਤੇ ਜਾਣਗੇ, ਜੋ ਦੋਵਾਂ ਧਿਰਾਂ ਨੂੰ ਪ੍ਰਵਾਨ ਹੋਣ। ਤਾਲਮੇਲ ਕਮੇਟੀ ਵੱਲੋਂ ਦੋਵਾਂ ਧਿਰਾਂ ਨਾਲ ਗੱਲਬਾਤ ਕਰਕੇ ਇਹ ਪਤਾ ਲਾਉਣ ਦਾ ਯਤਨ ਕੀਤਾ ਜਾਵੇਗਾ ਕਿ ਮਸਲਾ ਆਪਸੀ ਰਜ਼ਾਮੰਦੀ ਨਾਲ ਕਿਵੇਂ ਹੱਲ ਹੋ ਸਕਦਾ ਹੈ ਅਤੇ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਸ੍ਰੀ ਅਕਾਲ ਤਖ਼ਤ ਵੱਲੋਂ ਇਸ ਸਬੰਧੀ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਥੇ ਦੱਸਣਯੋਗ ਹੈ ਕਿ ਬੀਤੇ ਦਿਨੀਂ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਇਸ ਮਸਲੇ ਨੂੰ ਹੱਲ ਕਰਨ ਲਈ ਪੰਜ ਮੈਂਬਰੀ ਤਾਲਮੇਲ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਕਮੇਟੀ ਦਾ ਗਠਨ ਉਸੇ ਦਿਨ ਕੀਤੇ ਜਾਣ ਦੀ ਸੰਭਾਵਨਾ ਸੀ ਪਰ ਉਸੇ ਦਿਨ ਹੀ ਸੁਪਰੀਮ ਕੋਰਟ ਵਲੋਂ ਕੀਤੇ ਗਏ ਫੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਕਮੇਟੀ ਗਠਨ ਕਰਨ ਦਾ ਫੈਸਲਾ ਕੁੱਝ ਦਿਨ ਅੱਗੇ ਪਾ ਦਿੱਤਾ ਗਿਆ ਸੀ। ਹੁਣ ਇਹ ਕਮੇਟੀ ਅਗਲੇ ਹਫ਼ਤੇ ਵਿੱਚ ਗਠਤ ਕੀਤੇ ਜਾਣ ਦੀ ਸੰਭਾਵਨਾ ਹੈ।
Related Topics: Akal Takhat Sahib, Giani Gurbachan Singh, HSGPC, Shiromani Gurdwara Parbandhak Committee (SGPC)